ਘੱਟ ਗਿਣਤੀ ਭਾਈਚਾਰੇ ਦੇ ਨੌਜਵਾਨ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਾ ਫਾਇਦਾ ਚੁੱਕਣ : ਈਸ਼ਾ ਕਾਲੀਆ
ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਵਲੋਂ ਵਿਭਾਗਾਂ ਨਾਲ ਮੀਟਿੰਗ, ਭਾਈਚਾਰੇ ਦੀਆਂ ਸੁਣੀਆਂ ਸਮੱਸਿਆਵਾਂ
ਵਿਸ਼ੇਸ਼ ਪ੍ਰਤੀਨਿਧ ਅੰਮ੍ਰਿਤ ਪਾਲ ਬਰਾੜ
ਹੁਸ਼ਿਆਰਪੁਰ, 3 ਜੁਲਾਈ : ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਮੁਨੱਵਰ ਮਸੀਹ ਨੇ ਕਿਹਾ ਕਿ ਘੱਟ ਗਿਣਤੀ ਭਾਈਚਾਰੇ ਨੂੰ ਕਿਸੇ ਵੀ ਤਰਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ, ਬਲਕਿ ਭਾਈਚਾਰੇ ਲਈ ਸ਼ੁਰੂ ਕੀਤੀਆਂ ਗਈਆਂ ਵੱਖ-ਵੱਖ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਵਾਇਆ ਜਾਵੇਗਾ।
ਉਹ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ ਵਿਖੇ ਜ਼ਿਲਾ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।
ਮੁਨੱਵਰ ਮਸੀਹ ਨੇ ਘੱਟ ਗਿਣਤੀ ਵਰਗ ਲਈ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਸਬੰਧਤ ਅਧਿਕਾਰੀ ਸਕੀਮਾਂ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ, ਤਾਂ ਜੋ ਲੋੜਵੰਦ ਵਿਅਕਤੀ ਇਨਾਂ ਸਕੀਮਾਂ ਦਾ ਫਾਇਦਾ ਚੁੱਕ ਸਕਣ। ਉਨਾਂ ਜ਼ਿਲਾ ਵਿਕਾਸ ਤੇ ਪੰਚਾਇਤ ਅਫਸਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਿੰਡਾਂ ਦੇ ਕਲੱਸਟਰ ਬਣਾ ਕੇ ਕਬਰਿਸਤਾਨ ਬਣਾਏ ਜਾਣ, ਕਿਉਂਕਿ ਕਈ ਪਿੰਡਾਂ ਵਿਚ ਕਬਰਿਸਤਾਨ ਨਾ ਹੋਣ ਕਰਕੇ ਈਸਾਈ ਅਤੇ ਮੁਸਲਿਮ ਭਾਈਚਾਰੇ ਨੂੰ ਅੰਤਿਮ ਰਸਮਾਂ ਨਿਭਾਉਣ ਲਈ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉਨਾਂ ਜ਼ਿਲਾ ਪ੍ਰਸਾਸ਼ਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪ੍ਰਸ਼ਾਸ਼ਨ ਵਲੋਂ ਘੱਟ ਗਿਣਤੀ ਭਾਈਚਾਰੇ ਨੂੰ ਸਹੂਲਤਾਂ ਦੇਣ ਲਈ ਗੰਭੀਰਤਾ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨਾਂ ਈਸਾਈ ਅਤੇ ਮੁਸਲਿਮ ਭਾਈਚਾਰੇ ਦੇ ਵਿਅਕਤੀਆਂ ਦੀਆਂ ਮੁਸ਼ਕਿਲਾਂ ਸੁਣਦਿਆਂ ਕਿਹਾ ਕਿ ਘੱਟ ਗਿਣਤੀ ਕਮਿਸ਼ਨ ਵਲੋਂ ਭਾਈਚਾਰੇ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਭਾਈਚਾਰੇ ਨੂੰ ਵੀ ਅਪੀਲ ਕੀਤੀ ਕਿ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਗਰੂਕਤਾ ਬਹੁਤ ਜ਼ਰੂਰੀ ਹੈ, ਕਿਉਂਕਿ ਜਾਣਕਾਰੀ ਨਾਲ ਹੀ ਸਕੀਮਾਂ ਤਹਿਤ ਮਿਲਣ ਵਾਲੀਆਂ ਸਹੂਲਤਾਂ ਦਾ ਫਾਇਦਾ ਚੁੱਕਿਆ ਜਾ ਸਕਦਾ ਹੈ। ਉਨਾਂ ਭਾਈਚਾਰੇ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਤੁਰੰਤ ਹੱਲ ਲਈ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਵੀ ਕੀਤੀ।
ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਕਿਹਾ ਕਿ ਜ਼ਿਲ ਵਿਚ ਘੱਟ ਗਿਣਤੀ ਵਰਗ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਲਈ ਕੋਈ ਕਮੀ ਨਹੀਂ ਛੱਡੀ ਜਾਵੇਗੀ। ਉਨਾਂ ਡੀ.ਡੀ.ਪੀ.ਓ ਨੂੰ ਹਦਾਇਤ ਕੀਤੀ ਕਿ ਪਿੰਡਾਂ ਵਿਚ ਕਬਰਿਸਤਾਨ ਨਾਲ ਜੁੜੇ ਮਸਲੇ ਤੁਰੰਤ ਹੱਲ ਕੀਤੇ ਜਾਣ। ਉਨਾਂ ਭਾਈਚਾਰੇ ਦੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪੰਜਾਬ ਸਰਕਾਰ ਵਲੋਂ ਖੋਲੇ ਗਏ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਾ ਵੱਧ ਤੋਂ ਵੱਧ ਲਾਹਾ ਲੈਣ।
ਉਨਾਂ ਜ਼ਿਲਾ ਭਲਾਈ ਅਫ਼ਸਰ ਅਤੇ ਲੀਡ ਬੈਂਕ ਮੈਨੇਜਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਘੱਟ ਗਿਣਤੀ ਵਰਗ ਦੇ ਨੌਜਵਾਨਾਂ ਨੂੰ ਵੱਖ-ਵੱਖ ਸਕਿੱਲ ਕੋਰਸਾਂ, ਬੈਂਕ ਕਰਜ਼ੇ ਅਤੇ ਆਪਣਾ ਕਾਰੋਬਾਰ ਖੋਲ•ਣ ਲਈ ਸਬਸਿਡੀ ਦੀ ਸਹੂਲਤ ਬਾਰੇ ਵੀ ਜਾਗਰੂਕਤਾ ਕੈਂਪ ਲਗਾ ਕੇ ਜਾਣੂ ਕਰਵਾਉਣ।
ਈਸ਼ਾ ਕਾਲੀਆ ਨੇ ਮੀਟਿੰਗ ਵਿਚ ਹਾਜ਼ਰ ਘੱਟ ਗਿਣਤੀ ਭਾਈਚਾਰੇ ਨੂੰ ਅਪੀਲ ਕਰਦਿਆਂ ਕਿਹਾ ਕਿ ਲੜਕੀਆਂ ਨੂੰ ਪੜਾਈ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕੀਤੇ ਜਾਣ ਅਤੇ ਸਹੀ ਉਮਰ ਵਿਚ ਹੀ ਉਨਾਂ ਦੇ ਵਿਆਹ ਕੀਤੇ ਜਾਣ। ਉਨਾਂ ਕਿਹਾ ਕਿ ਗਰਭਵਤੀ ਔਰਤਾਂ ਦੀ ਡਿਲੀਵਰੀ ਹਸਪਤਾਲਾਂ ਵਿਚ ਹੀ ਕਰਵਾਈ ਜਾਵੇ ਅਤੇ ਉਨਾਂ ਦੀ ਖੁਰਾਕ ਸਬੰਧੀ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨਾਂ ਜ਼ਿਲਾ ਪ੍ਰੋਗਰਾਮ ਅਫ਼ਸਰ ਨੂੰ ਹਦਾਇਤ ਕੀਤੀ ਕਿ ਗਰਭਵਤੀ ਔਰਤਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਵੀ ਜਾਗਰੂਕਤਾ ਫੈਲਾਈ ਜਾਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਹਰਪ੍ਰੀਤ ਸਿੰਘ ਸੂਦਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮ੍ਰਿਤ ਸਿੰਘ, ਐਸ.ਪੀ.(ਐਚ) ਬਲਬੀਰ ਸਿੰਘ, ਐਸ.ਡੀ.ਐਮ. ਹੁਸ਼ਿਆਰਪੁਰ ਅਮਿਤ ਸਰੀਨ, ਸਹਾਇਕ ਕਮਿਸ਼ਨਰ (ਜ ਅਮਿਤ ਮਹਾਜਨ, ਐਸ.ਡੀ.ਐਮ ਗੜਸ਼ੰਕਰ ਹਰਬੰਸ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁਖੀ ਅਤੇ ਘੱਟ ਗਿਣਤੀ ਭਾਈਚਾਰੇ ਦੇ ਵਿਅਕਤੀ ਹਾਜ਼ਰ ਸਨ।



