ਡੇਪੋ ਮੁਹਿੰਮ ਦੀ ਸਫ਼ਲਤਾ ਲਈ ਮਲੇਰਕੋਟਲਾ ‘ਚ ਐਂਟੀ ਨਾਰਕੋਟਿਕਸ ਸੈੱਲ ਦਾ ਗਠਨ

ਪੰਜਾਬ ਪੁਲਿਸ ਦੇ ਹੈਲਪਲਾਈਨ ਨੰਬਰ 181 ‘ਤੇ ਨਸ਼ਿਆਂ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਸੂਚਨਾ ਦੇਣ ‘ਤੇ ਜ਼ੋਰ

ਨਸ਼ਾ ਤਸਕਰਾਂ ਖਿਲਾਫ਼ ਐਸ.ਟੀ.ਐਫ਼ ਕਰ ਰਹੀ ਹੈ ਵਿਸ਼ੇਸ਼ ਉਪਰਾਲੇ: ਆਈ.ਜੀ ਬੀ. ਚੰਦਰਾਸ਼ੇਖਰ

ਮਲੇਰਕੋਟਲਾ ਵਿਖੇ ਡੇਪੋ ਮੁਹਿੰਮ ਤਹਿਤ ਵਿਸ਼ਾਲ ਜਾਗਰੂਕਤਾ ਸਮਾਗਮ ਦਾ ਆਯੋਜਨ

ਵਿਸ਼ੇਸ਼ ਪ੍ਰਤੀਨਿਧ ਅੰਮ੍ਰਿਤ ਪਾਲ ਬਰਾੜ

ਮਲੇਰਕੋਟਲਾ/ਸੰਗਰੂਰ, 5 ਜੁਲਾਈ:

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਜਾ ਰਹੀ ਡੇਪੋ ਮੁਹਿੰਮ ਨੂੰ ਮਲੇਰਕੋਟਲਾ ਵਿੱਚ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਲਈ ਐਂਟੀ ਨਾਰਕੋਟਿਕਸ ਸੈਲ ਦਾ ਗਠਨ ਕੀਤਾ ਜਾ ਚੁੱਕਾ ਹੈ ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨੇ ਮਲੇਰਕੋਟਲਾ ਵਿਖੇ ਡੇਪੋ ਮੁਹਿੰਮ ਨੂੰ ਵਿਆਪਕ ਪੱਧਰ ‘ਤੇ ਉਤਸ਼ਾਹਿਤ ਕਰਨ ਲਈ ਕਰਵਾਏ ਗਏ ਵਿਸ਼ਾਲ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।

ਰਜ਼ੀਆ ਸੁਲਤਾਨਾ ਨੇ ਨਸ਼ਿਆਂ ਦੇ ਕੋਹੜ ਦਾ ਪੰਜਾਬ ਵਿੱਚੋਂ ਮੁਕੰਮਲ ਤੌਰ ‘ਤੇ ਸਫ਼ਾਇਆ ਕਰਨ ਦਾ ਪ੍ਰਣ ਲੈਣ ਦਾ ਸੱਦਾ ਦਿੰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਸਾਂਝੇ ਤੌਰ ‘ਤੇ ਉਪਰਾਲੇ ਕਰਨੇ ਚਾਹੀਦੇ ਹਨ ਤਾਂ ਜੋ ਸਾਡੀਆਂ ਨਵੀਂਆਂ ਪੀੜ੍ਹੀਆਂ ਨੂੰ ਨਸ਼ਿਆਂ ਦੇ ਰਾਹ ‘ਤੇ ਤੋਰਨ ਵਾਲਿਆਂ ਨੂੰ ਸਲਾਖਾਂ ਪਿੱਛੇ ਪਹੁੰਚਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਮੁਹਿੰਮ ਨੂੰ ਘਰ ਘਰ ਵਿੱਚ ਪਹੁੰਚਾਉਣ ਦੀਆਂ ਪੁਲਿਸ-ਪ੍ਰਸ਼ਾਸਨਿਕ ਕੋਸ਼ਿਸ਼ਾਂ ਨੂੰ ਉਦੋਂ ਹੀ ਸਹੀ ਮਾਅਨਿਆਂ ਵਿੱਚ ਸਫ਼ਲਤਾ ਮਿਲੇਗੀ ਜਦੋਂ ਇਹ ਮੁਹਿੰਮ ਲੋਕ ਲਹਿਰ ਬਣ ਕੇ ਡਰੱਗ ਮਾਫ਼ੀਆ ਤੇ ਗੁੰਡਾ ਮਾਫੀਆ ਦਾ ਮੁਕੰਮਲ ਸਫ਼ਾਇਆ ਕਰ ਦੇਵੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਚਾਇਤਾਂ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਵਿੱਢੀ ਗਈ ਮੁਹਿੰਮ ਸ਼ਲਾਘਾਯੋਗ ਹੈ ਅਤੇ ਇਹ ਗੱਲ ਵੀ ਤਸੱਲੀਯੋਗ ਹੈ ਕਿ ਸਾਰੇ ਵਰਗਾਂ ਵਿੱਚ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਖਿਲਾਫ਼ ਜਾਗਰੂਕਤਾ ਪੈਦਾ ਹੋ ਰਹੀ ਹੈ।

ਉਨ੍ਹਾਂ ਕਿਹਾ ਕਿ ਜੇ ਕਿਸੇ ਦੇ ਗਲੀ ਮੁਹੱਲੇ, ਸ਼ਹਿਰ ਵਿੱਚ ਜੇ ਕੋਈ ਨਾਗਰਿਕ ਨਸ਼ਿਆਂ ਦੀ ਆਦਤ ਦਾ ਸ਼ਿਕਾਰ ਹੈ ਤਾਂ ਉਸਦਾ ਇਲਾਜ ਕਰਵਾਉਣ ਲਈ ਨੇੜਲੇ ਓਟ ਕਲੀਨਿਕ ਜਾਂ ਨਸ਼ਾ ਮੁਕਤੀ ਕੇਂਦਰ ਵਿਖੇ ਲਿਜਾਉਣ ਲਈ ਉਪਰਾਲੇ ਕੀਤੇ ਜਾਣ ਕਿਉਂਕਿ ਕਿਸੇ ਵੀ ਕੀਮਤੀ ਜਾਨ ਨੂੰ ਬਚਾਉਣਾ ਮਨੁੱਖਤਾ ਦੀ ਸੇਵਾ ਕਰਨਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਲੇ ਕਾਰੋਬਾਰ ਵਿੱਚ ਲੱਗੇ ਵਿਅਕਤੀਆਂ ਨੂੰ ਸਜ਼ਾ ਦਿਵਾਉਣਾ ਅਤੇ ਨਸ਼ਿਆਂ ਦੀ ਗ੍ਰਿਫਤ ‘ਚ ਫਸੇ ਲੋਕਾਂ ਨੂੰ ਸਮਾਜ ਦੀ ਮੁੱਖ ਧਾਰਾ ‘ਚ ਸ਼ਾਮਲ ਕਰਨ ਲਈ ਹਰੇਕ ਨਾਗਰਿਕ ਦਾ ਸਹਿਯੋਗ ਮਹੱਤਵਪੂਰਨ ਹੈ ਅਤੇ ਡੇਪੋ ਮੁਹਿੰਮ ਦੀ ਸਫ਼ਲਤਾ ਦਾ ਆਧਾਰ ਵੀ ਇਹੀ ਹੈ ਕਿ ਹਰੇਕ ਨਾਗਰਿਕ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨੂੰ ਨਿਭਾਉਣ ਲਈ ਯਤਨਸ਼ੀਲ ਹੋਵੇ।

ਉਨ੍ਹਾਂ ਪੰਜਾਬ ਪੁਲਿਸ ਦੇ ਹੈਲਪਲਾਈਨ ਨੰਬਰ 181 ‘ਤੇ ਨਸ਼ਿਆਂ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਸੂਚਨਾ ਦੇਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਹਰੇਕ ਨਾਗਰਿਕ ਦਾ ਇਹ ਨੈਤਿਕ ਫਰਜ਼ ਬਣਦਾ ਹੈ ਕਿ ਉਹ ਆਪਣੇ ਆਲੇ ਦੁਆਲੇ ਨੂੰ ਨਸ਼ਾ ਮੁਕਤ ਕਰਨ ਦੀ ਮੁਹਿੰਮ ਨੂੰ ਸਫ਼ਲਤਾ ਦਾ ਜਾਮਾ ਪਹਿਨਾਵੇ।

ਸਮਾਗਮ ਦੌਰਾਨ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ ਸਪੈਸ਼ਲ ਟਾਸਕ ਫੋਰਸ ਦੇ ਆਈ.ਜੀ ਸ਼੍ਰੀ ਬੀ. ਚੰਦਰਸ਼ੇਖਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਸਪਲਾਈ ਲਾਈਨ ਤੋੜਣ ਲਈ ਲਗਾਤਾਰ ਠੋਸ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿਥੇ ਨਸ਼ਾ ਤਸਕਰਾਂ ਖਿਲਾਫ਼ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਹੈ ਉਥੇ ਐਸ.ਟੀ.ਐਫ਼ ਨੇ ਆਸਾਧਾਰਨ ਪ੍ਰਾਪਤੀਆਂ ਦਰਜ ਕੀਤੀਆਂ ਹਨ।

ਉਨ੍ਹਾਂ ਇਹ ਵੀ ਕਿਹਾ ਕਿ ਨਸ਼ਿਆਂ ਖਿਲਾਫ਼ ਜਾਗਰੂਕਤਾ ਪੈਦਾ ਕਰਨ ਲਈ ਡੇਪੋ ਮੁਹਿੰਮ ਇੱਕ ਮਹੱਤਵਪੂਰਨ ਮੁਹਿੰਮ ਹੈ ਜਿਸ ਵਿੱਚ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਦਾ ਸੰਕਲਪ ਲੈ ਕੇ ਓਟ ਕਲੀਨਿਕਾਂ ਤੇ ਨਸ਼ਾ ਮੁਕਤੀ ਕੇਂਦਰਾਂ ਵਿੱਚ ਸਰੀਰਕ ਤੇ ਮਾਨਸਿਕ ਇਲਾਜ, ਵਿਦਿਅਕ ਅਦਾਰਿਆਂ ਵਿੱਚ ਨਵੀਂ ਪੀੜ੍ਹੀ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕਤਾ, ਹਰੇਕ ਨਾਗਰਿਕ ਨੂੰ ਡੇਪੋ ਵਲੰਟੀਅਰ ਵਜੋਂ ਰਜਿਸਟਰ ਹੋਣ ਲਈ ਪ੍ਰੇਰਨਾ ਆਦਿ ਕਾਰਜ ਅਜਿਹੇ ਸੰਕੇਤ ਹਨ ਜਿਨ੍ਹਾਂ ਰਾਹੀਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਚੰਗੇ ਨਤੀਜੇ ਸਾਹਮਣੇ ਆਉਣਗੇ।

ਡੇਪੋ , ਬੱਡੀ ਅਤੇ ਸੀਨੀਅਰ ਬੱਡੀ ਪ੍ਰੋਗਰਾਮਾਂ ਦੀ ਨਿਗਰਾਨੀ ‘ਚ ਲਿਆਂਦੀ ਜਾਵੇਗੀ ਹੋਰ ਤੇਜ਼ੀ: ਘਨਸ਼ਿਆਮ ਥੋਰੀ

ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਥਾਪਤ ਕੀਤੇ ਨਸ਼ਾ ਮੁਕਤੀ ਕੇਂਦਰਾਂ, ਮੁੜ ਵਸੇਬਾ ਕੇਂਦਰਾਂ ਅਤੇ ਓਟ ਕਲੀਨਿਕ ਵੱਡੀ ਗਿਣਤੀ ਪਰਿਵਾਰਾਂ ਦੇ ਬੱਚਿਆਂ ਨੂੰ ਨਸ਼ਿਆਂ ਵਰਗੇ ਕੋਹੜ ਵਿੱਚ ਕੱਢ ਕੇ ਨਵੀਂ ਜਿੰਦਗੀ ਜਿਊਣ ਲਈ ਲਾਹੇਵੰਦ ਸਾਬਿਤ ਹੋ ਰਹੇ ਹਨ।

ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਡੇਪੋ ਮੁਹਿੰਮ, ਤੰਦਰੁਸਤ ਪੰਜਾਬ ਮਿਸ਼ਨ, ਬੱਡੀ ਅਤੇ ਸੀਨੀਅਰ ਬੱਡੀ ਪ੍ਰੋਗਰਾਮਾਂ ਦੀ ਨਿਗਰਾਨੀ ‘ਚ ਹੋਰ ਚੁਸਤੀ ਲਿਆਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ, ਤਾਂ ਜੋ ਨਸ਼ਿਆਂ ਦੀ ਮਾੜੀ ਸੰਗਤ ਵਿੱਚ ਪੈਣ ਵਾਲਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਕੇ ਸਮਾਜ ‘ਚ ਚੰਗੇ ਨਾਗਰਿਕ ਵਜੋਂ ਸਰਗਰਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਹਰੇਕ ਜ਼ਿਲ੍ਹਾ ਨਿਵਾਸੀ ਨੂੰ ਰਾਜ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਅੰਦਰ ਵੱਧ ਚੜ੍ਹ ਕੇ ਯੋਗਦਾਨ ਪਾਉਣ ਲਈ ਅੱਗੇ ਆਉਣ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਸਥਾਪਤ ਓਟ ਕੇਂਦਰਾਂ ‘ਤੇ ਕਰੀਬ 2500 ਮਰੀਜ਼ ਰਜਿਸਟਰਡ ਹਨ, ਜਿਨ੍ਹਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਬਾਹਰ ਕੱਢਣ ਲਈ ਮਾਹਿਰ ਡਾਕਟਰਾਂ ਵੱਲੋਂ ਦਵਾਈ ਦੇ ਕੇ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਵਿੱਖ ਅੰਦਰ ਹਰੇਕ ਪੇਂਡੂ ਇਲਾਕੇ ਅੰਦਰ ਓਟ ਕਲੀਨਿਕ ਖੋਲਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਤਾਂ ਜੋ ਨਸ਼ੇ ਦੇ ਆਦੀ ਵਿਅਕਤੀ ਨੂੰ ਉਸਦੇ ਘਰ ਦੇ ਨੇੜੇ ਹੀ ਮੁੱਢਲੀ ਇਲਾਜ ਸੁਵਿਧਾ ਮੁਹੱਈਆ ਹੋ ਸਕੇ।

ਪਿਛਲੇ 6 ਮਹੀਨਿਆਂ ‘ਚ ਕਰੀਬ 500 ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਪਹੁੰਚਾਇਆ: ਐਸ.ਐਸ.ਪੀ

ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਗਰਗ ਨੇ ਸੰਬੋਧਨ ਕਰਦਿਆਂ ਕਿਹਾ ਕਿ ਜ਼ਿਲ੍ਹਾ ਸੰਗਰੂਰ ਅੰਦਰ ਨਸ਼ਿਆਂ ਨੂੰ ਪਿਛਲੇ 6 ਮਹੀਨੇ ਦੌਰਾਨ 350 ਕੇਸ ਦਰਜ ਕਰਕੇ ਕਰੀਬ 500 ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਪਹੁੰਚਾਇਆ ਗਿਆ ਹੈ, ਉਥੇ ਮਲੇਰਕੋਟਲਾ ਵਿਖੇ ਇਕ ਹਫ਼ਤਾ ਪਹਿਲਾਂ ਸਥਾਪਤ ਕੀਤੇ ਐਂਟੀ ਨਾਰਕੋਟਿਕ ਸੈੱਲ ਵਿੱਚ ਨਸ਼ਾ ਤਸਕਰਾਂ ਖਿਲਾਫ਼ ਦਰਜਨ ਤੋਂ ਵੀ ਵੱਧ ਮਾਮਲੇ ਦਰਜ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਨਸ਼ਿਆਂ ਦੇ ਕਾਰੋਬਾਰ ‘ਚ ਸ਼ਾਮਿਲ ਵਿਅਕਤੀਆਂ ਬਾਰੇ ਪੁਲਿਸ ਨੂੰ ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਜੜੋਂ ਖ਼ਤਮ ਕਰਨ ਲਈ ਹਰੇਕ ਜ਼ਿਲ੍ਹਾ ਨਿਵਾਸੀ ਨੂੰ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੂੰ ਆਪਣਾ ਬਣਦਾ ਸਹਿਯੋਗ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੁਲਿਸ ਵਿਭਾਗ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਨਸ਼ਾ ਵੇਚਣ ਵਾਲੇ ਵਿਅਕਤੀ ਨੂੰ ਕਾਬੂ ਕਰਕੇ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

ਇਸ ਤੋਂ ਪਹਿਲਾ ਲਵਲੀ ਬਡਰੁੱਖਾ, ਨਿੱਕਾ ਬਡਰੁੱਖਾਂ ਵੱਲੋਂ ਨਸ਼ਿਆਂ ਖਿਲਾਫ਼ ਜਾਗਰੂਕ ਕਰਨ ਲਈ ਵਿਸ਼ੇਸ ਸਕਿੱਟ ਪੇਸ਼ ਕੀਤੀ ਗਈ ਜਿਸਦਾ ਮੰਤਵ ਹਰੇਕ ਪੰਜਾਬ ਵਾਸੀ ਨੂੰ ਨਸ਼ਿਆਂ ਦੀ ਨਾਮੁਰਾਦ ਬਿਮਾਰੀ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ ਸੀ। ਇਸ ਮੌਕੇ ਸਲਾਮਤ ਅਲੀ ਵੱਲੋਂ ਆਪਣੇ ਗੀਤ ਰਾਹੀ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਹਾਜ਼ਰੀਨ ਨੂੰ ਜਾਗਰੂਕ ਕੀਤਾ ਅਤੇ ਆਪਣੇ ਆਲੇ ਦੁਆਲੇ ਦੇ ਲੋਕਾਂ ਨੂੰ ਨਸ਼ਿਆਂ ਦੀ ਬਿਮਾਰੀ ਤੋਂ ਸੁਚੇਤ ਰਹਿਣ ਦਾ ਸੱਦਾ ਦਿੱਤਾ।ਸਮਾਜ ਸੇਵੀ ਅਤੇ ਨਸ਼ਾ ਮੁਕਤੀ ਕੇਂਦਰ ਸੰਗਰੂਰ ਦੇ ਡਾਇਰੈਕਟਰ ਮੋਹਨ ਸ਼ਰਮਾ ਅਤੇ ਐਸ.ਐਮ.ਓ ਕਰਮਜੀਤ ਸਿੰਘ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।

ਇਸ ਮੌਕੇ ਐਸ.ਡੀ.ਐਮ ਚਰਨਦੀਪ ਸਿੰਘ, ਓ.ਐਸ.ਡੀ. ਟੂ ਕੈਬਨਿਟ ਮੰਤਰੀ ਦਲਜੀਤ ਸਿੰਘ, ਐਸ.ਪੀ ਮਨਜੀਤ ਸਿੰਘ ਬਰਾੜ, ਸਿਵਲ ਸਰਜਨ ਡਾ. ਗੁਰਸ਼ਰਨ ਸਿੰਘ, ਪੀ.ਏ ਟੂ ਕੈਬਨਿਟ ਮੰਤਰੀ ਦਰਬਾਰਾ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here